ਬਟਾਲਾ, 6 ਅਕਤੂਬਰ ( ਮੁਨੀਰਾ ਸਲਾਮ ਤਾਰੀ) – ਐੱਸ.ਡੀ.ਐੱਮ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਅੱਜ ਜ਼ਿਲ੍ਹੇ ਦੀ ਸਭ ਤੋਂ ਵੱਡੀ ਬਟਾਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਖੁਰਾਕ ਸਪਲਾਈ ਅਧਿਕਾਰੀ ਮੈਡਮ ਸੰਯੋਗਤਾ, ਸੈਕਟਰੀ ਮਾਰਕਿਟ ਬਿਕਰਮਜੀਤ ਸਿੰਘ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਨਾਲ ਹਾਜ਼ਰ ਸਨ।
ਮੈਡਮ ਸ਼ਾਇਰੀ ਭੰਡਾਰੀ ਨੇ ਬਟਾਲਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ ਲੈਂਦਿਆਂ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਫਸਲ ਵੇਚਣ ਸਮੇਂ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਹਿਸੀਲ ਬਟਾਲਾ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਹਨ ਅਤੇ ਸਾਰੀਆਂ ਹੀ ਮੰਡੀਆਂ ਵਿੱਚ ਸਰਕਾਰੀ ਖਰੀਦ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਬਿਨ੍ਹਾਂ ਕਿਸੇ ਦੇਰੀ ਖਰੀਦੀ ਜਾਵੇ ਅਤੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ।
ਐੱਸ.ਡੀ.ਐੱਮ ਬਟਾਲਾ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਕੋਈ ਖਰੀਦ ਏਜੰਸੀ ਦਾ ਇੰਸਪੈਕਟਰ ਜਾਂ ਆੜਤੀਆ ਉਨਾਂ ਦੀ ਫਸਲ ਸਰਕਾਰੀ ਰੇਟ ਤੋਂ ਘੱਟ ਖਰੀਦ ਦਾ ਹੈ ਤਾਂ ਇਸ ਦੀ ਸ਼ਿਕਾਇਤ ਮਾਰਕਿਟ ਕਮੇਟੀ ਦਫ਼ਤਰ ਜਾਂ ਉਨਾਂ ਨੂੰ ਕੀਤੀ ਜਾਵੇ। ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਪੂਰੀ ਤਰਾਂ ਪੱਕਣ ’ਤੇ ਹੀ ਵਢਾਉਣ ਅਤੇ ਪੱਕਿਆ ਹੋਇਆ ਝੋਨਾ ਹੀ ਮੰਡੀ ਵਿੱਚ ਵੇਚਣ ਲਈ ਲੈ ਕੇ ਆਉਣ। ਉਨਾਂ ਕਿਹਾ ਕਿ ਫਸਲ ਵੇਚਣ ਤੋਂ ਬਾਅਦ ਆੜਤੀਏ ਕੋਲੋਂ ਜੇ ਫਾਰਮ ਜਰੂਰ ਲਿਆ ਜਾਵੇ। ਉਨਾਂ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ।