ਬਟਾਲਾ, 17 ਦਸੰਬਰ (ਮੁਨੀਰਾ ਸਲਾਮ ਤਾਰੀ) – ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਇਤਿਹਾਸਕ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਪਿਛਲੇ ਚਾਰ ਸਾਲਾਂ ਤੋਂ ਬਟਾਲਾ ਸ਼ਹਿਰ ਦੇ ਹਰ ਗਲੀ-ਮੁਹੱਲੇ ਵਿੱਚ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਰਹਿੰਦੇ ਕਾਰਜਾਂ ਨੂੰ ਵੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।
ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਆਪਣੇ ਸਾਥੀ ਕੌਸਲਰਾਂ ਨਾਲ ਅੱਜ ਸ਼ਹਿਰ ਦੇ ਨਹਿਰੂ ਗੇਟ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਹ ਖਾਸ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਵਿਕਾਸ ਕਾਰਜਾਂ ਦੀ ਮੌਕੇ ’ਤੇ ਜਾ ਕੇ ਚੈਕਿੰਗ ਕੀਤੀ ਜਾਵੇ ਅਤੇ ਕੰਮ ਦੀ ਗੁਣਵਤਾ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ।
ਮੇਅਰ ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਬਟਾਲਾ ਸ਼ਹਿਰ ਦਾ ਜਿਨ੍ਹਾਂ ਵਿਕਾਸ ਪਿਛਲੇ ਚਾਰ ਸਾਲਾਂ ਵਿੱਚ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਹੋਇਆ ਹੈ ਉਨ੍ਹਾਂ ਪਿਛਲੇ 70 ਸਾਲਾਂ ਵਿੱਚ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚੋਂ ਲੰਗਦੇ ਹੰਸਲੀ ਨਾਲੇ ਉੱਪਰ ਤਿੰਨ ਨਵੇਂ ਪੁੱਲ ਬਣਾਏ ਗਏ, ਹੰਸਲੀ ਦਾ ਸੁੰਦਰੀਕਰਨ ਕੀਤਾ ਅਤੇ ਸ਼ਹਿਰ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਦੇ ਨਾਲ ਹਰ ਗਲੀ-ਮੁਹੱਲੇ, ਕਲੋਨੀਆਂ ਦੀਆਂ ਸੜਕਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮੁਰਤ ਯੋਜਨਾ ਤਹਿਤ ਚੱਲ ਰਿਹਾ ਸੀਵਰੇਜ ਤੇ ਵਾਟਰ ਸਪਲਾਈ ਦਾ ਪ੍ਰੋਜੈਕਟ ਵੀ ਮੁਕੰਮਲ ਹੋਣ ਵਾਲਾ ਹੈ। ਸ. ਤੇਜਾ ਨੇ ਕਿਹਾ ਕਿ ਬਟਾਲਾ ਵਾਸੀ ਇਨ੍ਹਾਂ ਵਿਕਾਸ ਕਾਰਜਾਂ ਲਈ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਧੰਨਵਾਦੀ ਹਨ।