spot_img
Homeਮਾਝਾਗੁਰਦਾਸਪੁਰਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਨੇ ਮਰਹੂਮ ਉਪਦੇਸ਼ ਕੁਮਾਰ, ਗੁਰਲੀਨ ਸਿੰਘ ਕਲਸੀ...

ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਨੇ ਮਰਹੂਮ ਉਪਦੇਸ਼ ਕੁਮਾਰ, ਗੁਰਲੀਨ ਸਿੰਘ ਕਲਸੀ ਅਤੇ ਸੁਨੀਲ ਸੋਢੀ ਦੇ ਅਕਾਲ ਚਲਾਣੇ `ਤੇ ਅਫ਼ਸੋਸ ਜ਼ਾਹਰ ਕੀਤਾ

ਕਾਦੀਆਂ 21 ਜੁਲਾਈ (ਮੁਨੀਰਾ ਸਲਾਮ ਤਾਰੀ) :- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕਿਸ਼ਨ ਸਿੰਘ ਵੱਲੋਂ ਅੱਜ ਬਟਾਲਾ ਪਹੁੰਚ ਕੇ ਵਿਧਾਇਕ ਬਟਾਲਾ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨਾਲ ਪੀ.ਏ. ਉਪਦੇਸ਼ ਕੁਮਾਰ, ਗੁਰਲੀਨ ਸਿੰਘ ਕਲਸੀ ਅਤੇ ਸੁਨੀਲ ਸੋਢੀ ਦੇ ਅਕਾਲ ਚਲਾਣੇ `ਤੇ ਡੂੰਘਾ ਅਫ਼ਸੋਸ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਇਹ ਤਿੰਨੇ ਨੌਜਵਾਨ ਆਮ ਆਦਮੀ ਪਾਰਟੀ ਦੇ ਮਿਹਨਤੀ ਵਲੰਟੀਅਰ ਸਨ ਅਤੇ ਇਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਉਹ ਮਰਹੂਮ ਸਾਥੀਆਂ ਦੇ ਪਰਿਵਾਰਾਂ ਨਾਲ ਆਪਣੀ ਡੂੰਘੀ ਦਿਲੀ ਸੰਵੇਦਨਾ ਪ੍ਰਗਟ ਕਰਦੇ ਹੋਏ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਵਾਹਿਗੁਰੂ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਿਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।



ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲ ਕਰਦਿਆਂ ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚੋਂ ਨਸ਼ੇ ਅਤੇ ਗੈਸਟਰਾਂ ਨੂੰ ਖਤਮ ਕਰਨ ਲਈ ਫੈਸਲਾਕੁੰਨ ਲੜਾਈ ਲੜ ਰਹੀ ਹੈ ਜਿਸਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਉਣ ਵਾਲੇ ਗੈਂਗਟਰ ਕਲਚਰ ਨੂੰ ਸਖਤੀ ਨਾਲ ਕੁਚਲਿਆ ਜਾਵੇਗਾ ਅਤੇ ਨਾਲ ਹੀ ਨਸ਼ਾ ਤਸਕਰਾਂ ਨੂੰ ਕਾਨੂੰਨ ਦੀ ਗ੍ਰਿਫ਼ਤ ਵਿੱਚ ਲਿਆ ਕੇ ਜਵਾਨੀ ਨੂੰ ਨਸ਼ਿਆਂ ਦੇ ਵਹਿਣ ਵਿਚ ਰੁੜਨੋ ਬਚਾਇਆ ਜਾਵੇਗਾ।

ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਸਿੰਘ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਸ਼ੁਰੂਆਤੀ ਚਾਰ ਮਹੀਨਿਆਂ ਵਿੱਚ ਸੂਬੇ ਦੀ ਭਲਾਈ ਦੇ ਇਤਿਹਾਸਕ ਫੈਸਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸ਼ੁਰੂਆਤੀ ਦਿਨਾਂ ਵਿੱਚ ਹੀ ਨੌਜਵਾਨਾਂ ਨੂੰ ਸਰਕਾਰੀ ਨੌਂਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਨਾਲ ਹੀ ਕੱਚੇ ਸਰਕਾਰੀ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਕਾਰਵਾਈ ਵੀ ਅਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਇਹ ਕੰਮ ਆਪਣੇ ਕਾਰਜਕਾਲ ਦੇ ਅਖੀਰਲੇ ਮਹੀਨਿਆਂ ਵਿੱਚ ਸ਼ੁਰੂ ਕਰਦੀਆਂ ਸਨ ਜੋ ਕਿ ਨੇਪਰੇ ਵੀ ਨਹੀਂ ਚੜ੍ਹਦੇ ਸਨ।

ਸੂਬੇ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਸਬੰਧੀ ਪੁੱਛੇ ਇੱਕ ਸੁਆਲ ਦਾ ਜੁਆਬ ਦਿੰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਕੋਰੋਨਾ ਦੀ ਬਿਮਾਰੀ ਤੋਂ ਬਚਣ ਲਈ ਸਾਨੂੰ ਡਾਕਟਰੀ ਸਲਾਹਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਸਿਹਤ ਮੰਤਰੀ ਨਾਲ ਗੱਲ ਕਰਕੇ ਇਹ ਯਕੀਨੀ ਬਣਾਉਣ ਲਈ ਕਹਿਣਗੇ ਕਿ ਕੋਰੋਨਾ ਦੀ ਲਹਿਰ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ਅਹਤਿਆਤੀ ਕਦਮ ਜਰੂਰ ਚੁੱਕੇ ਜਾਣ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸੂਬੇ ਭਰ ਵਿੱਚ 75 ਮੁਹੱਲਾ ਕਲੀਨਕ ਲੋਕ ਅਰਪਣ ਕੀਤੇ ਜਾਣਗੇ।

ਇਸ ਤੋਂ ਪਹਿਲਾਂ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਸਿੰਘ ਦਾ ਉਨ੍ਹਾਂ ਦੇ ਦੁੱਖ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਮਲਹੋਤਰਾ, ਤਹਿਸੀਲਦਾਰ ਲਖਵਿੰਦਰ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਹਰਜੋਤ ਸਿੰਘ, ਮਲਕੀਤ ਸਿੰਘ ਬਾਠ, ਗਗਨਦੀਪ ਸਿੰਘ ਪੀ.ਏ, ਬਲਜੀਤ ਸਿੰਘ ਨਿੱਕੂ ਹੰਸਪਾਲ, ਜਸਪ੍ਰੀਤ ਸਿੰਘ ਜੱਸੀ, ਵਿਕਰਮ ਚੌਹਾਨ ਤੇ ਹੋਰ ਮੋਹਤਬਰ ਵੀ ਮੌਜੂਦ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments